ਮਹਿਲਾ ਪਹਿਲਵਾਨਾਂ ਵੱਲੋਂ WFI ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਲਗਾਏ ਗਏ ਜਿਨਸੀ ਸੋਸ਼ਣ ਅਤੇ ਡਰਾਉਣ-ਧਮਕਾਉਣ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਇਕ SIT (ਵਿਸ਼ੇਸ਼ ਜਾਂਚ ਟੀਮ) ਦਾ ਗਠਨ ਕੀਤਾ ਗਿਆ ਹੈ। ਇਸਦੀ ਜਾਣਕਾਰੀ ਦਿੱਲੀ ਪੁਲਿਸ ਨੇ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਦੀ ਅਦਾਲਤ ਵਿੱਚ ਦਿੱਤੀ। ਅਦਾਲਤ ਨੇ ਇਸ ਤੋਂ ਪਹਿਲਾਂ ਪੁਲਿਸ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਸਰਕਾਰੀ ਵਕੀਲ ਅਤੁਲ ਸ਼੍ਰੀਵਾਸਤਵ ਨੇ ਅਦਾਲਤ ਨੂੰ ਕਿਹਾ, “ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਸੀਂ ਇੱਕ ਐੱਸ.ਆਈ.ਟੀ. ਦਾ ਗਠਨ ਕੀਤਾ ਹੈ। SIT ਮਾਮਲੇ ਦੀ ਜਾਂਚ ਕਰੇਗੀ।” ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ। ਉਨ੍ਹਾਂ ਨੇ ਬੇਨਤੀ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਿਪੋਰਟ ਕਿਸੇ ਨਾਲ ਸਾਂਝੀ ਨਾ ਕੀਤੀ ਜਾਵੇ। ਦਿੱਲੀ ਪੁਲਸ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਰਿਪੋਰਟ ਸੌਂਪੀ ਹੈ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ 27 ਮਈ ਨੂੰ ਕਰਨ ਦਾ ਐਲਾਨ ਕਰ ਦਿੱਤਾ ਹੈ।
ਅਦਾਲਤ ਨੇ ਪਹਿਲਵਾਨਾਂ ਦੀ ਪਟੀਸ਼ਨ ‘ਤੇ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕੀਤਾ ਸੀ। ਪਟੀਸ਼ਨ ਵਿੱਚ ਜਾਂਚ ਦੀ ਨਿਗਰਾਨੀ ਕਰਨ ਅਤੇ ਕਥਿਤ ਪੀੜਤਾਂ ਦੇ ਬਿਆਨ ਅਦਾਲਤ ਦੇ ਸਾਹਮਣੇ ਦਰਜ ਕਰਨ ਦੀ ਬੇਨਤੀ ਕੀਤੀ ਗਈ ਹੈ। ਪ੍ਰਦਰਸ਼ਨਕਾਰੀ ਪਹਿਲਵਾਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਸਿੰਘ ਨੇ ਇੱਕ ਨਾਬਾਲਗ ਸਮੇਤ ਕਈ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕੀਤਾ। ਦਿੱਲੀ ਪੁਲਸ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ 2 ਐੱਫ.ਆਈ.ਆਰ. ਦਰਜ ਕੀਤੀਆਂ ਹਨ, ਜਿਸ ਵਿਚ ਇੱਕ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 10 ਦੇ ਤਹਿਤ ਦਰਜ ਕੀਤੀ ਗਈ ਹੈ। ਸਿੰਘ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
