ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਮਾਮਲੇ ’ਤੇ ਚਲ ਰਹੀ ਲਹਿਰ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦੀ ਖੁੱਲ੍ਹੀ ਪੇਸ਼ਕਸ਼ ਕੀਤੀ ਤਾਂ ਜੋ ਪਾਰਟੀ ਵੱਲੋਂ ਇਸ ਕਾਨੂੰਨਾਂ ਖਿਲਾਫ ਲਹਿਰ ਦੇ ਮਾਮਲੇ ਵਿੱਚ ਉਸਾਰੂ ਭੂਮਿਕਾ ਨਿਭਾਈ ਜਾ ਸਕੇ। ‘ਗੱਲ ਪੰਜਾਬ ਦੀ’ ਮੁਹਿੰਮ ਹੁਣ 11 ਸਤੰਬਰ ਨੂੰ ਅਮਲੋਹ ਤੋਂ ਮੁੜ ਸ਼ੁਰੂ ਹੋਵੇਗੀ। ਇਹ ਫ਼ੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਅਤੇ ਪੰਜਾਬੀਆਂ ਨੂੰ ਆਪਸ ਵਿੱਚ ਲੜਾ ਕੇ ਮਰਵਾਉਣ ਦੀ ਸਾਜ਼ਿਸ਼ ਵਿਰੁੱਧ ਚੌਕਸ ਕੀਤਾ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਕੇਂਦਰੀ ਏਜੰਸੀਆਂ ਦੀ ਸ਼ਹਿ ’ਤੇ ਕੰਮ ਕਰ ਰਹੀਆਂ ਹਨ ਤੇ ਇਨ੍ਹਾਂ ਨੂੰ ਕਾਂਗਰਸ ਤੇ ‘ਆਪ’ ਦੀ ਹਮਾਇਤ ਹਾਸਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ‘ਗੱਲ ਪੰਜਾਬ ਦੀ’ ਲੋਕ ਲਹਿਰ ਨੂੰ ਪੰਜਾਬੀਆਂ ਤੋਂ ਮਿਲ ਰਹੇ ਹੁੰਗਾਰਾ ਤੋਂ ਬੌਖਲਾ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਿਰਫ ਰਾਸ਼ਟਰਪਤੀ ਰਾਜ ਲਾਗੂ ਕਰਨ ਅਤੇ ਪੰਜਾਬ ਨੁੰ ਮੁੜ 80ਵਿਆਂ ਤੇ 90ਵਿਆਂ ਦੇ ਕਾਲੇ ਦੌਰ ਵਿੱਚ ਧੱਕਣ ਨੂੰ ਵਾਜਬ ਠਹਿਰਾਉਣ ਲਈ ਕੀਤਾ ਜਾ ਰਿਹਾ ਹੈ।
