ਲਖੀਮਪੁਰ ਖੀਰੀ ਹਿੰਸਾ, ਜਿਸ ‘ਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ, ਦੇ ਮਾਮਲੇ ‘ਚ ਗਿ੍ਫ਼ਤਾਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ | ਇਲਾਹਾਬਾਦ ਹਾਈਕੋਰਟ ਦੇ ਲਖਨਊ
ਬੈਂਚ ਦੇ 10 ਫਰਵਰੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਵਕੀਲ ਸ਼ਿਵ ਕੁਮਾਰ ਤਿ੍ਪਾਠੀ ਅਤੇ ਸੀ. ਐਸ. ਪਾਂਡਾ ਵਲੋਂ ਦਾਇਰ ਕੀਤੀ ਗਈ ਹੈ | ਉਨ੍ਹਾਂ ਨੇ ਜਸਟਿਸ (ਸੇਵਾ ਮੁਕਤ) ਰਾਕੇਸ਼ ਜੈਨ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਅਤੇ ਇਸਤਗਾਸਾ ਅਤੇ ਉੱਤਰ ਪ੍ਰਦੇਸ਼ ਪੁਲਿਸ ਨੂੰ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਕਿ ਚੀਜ਼ਾਂ ‘ਚ ਦੇਰੀ ਕਿਉਂ ਕੀਤੀ ਜਾ ਰਹੀ ਹੈ, ਨਾਲ ਹੀ ਦੋਸ਼ ਪੱਤਰ ਵਾਲੀ ਰਿਪੋਰਟ ਦੀ ਕਾਪੀ ਪੇਸ਼ ਕਰਨ ਲਈ ਵੀ ਕਿਹਾ ਹੈ | ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਜ਼ਮਾਨਤ ਦੇ ਆਦੇਸ਼ ‘ਚ ‘ਪ੍ਰਗਟ ਗਲਤੀ’ ਹੈ, ਕਿਉਂਕਿ ਹਾਈ ਕੋਰਟ ਨੇ ‘ਸ਼ਾਇਦ’ ਸ਼ਬਦ ਦੀ ਵਰਤੋਂ ਕਰਦੇ ਹੋਏ ਇਸ ਸਿੱਟੇ ‘ਤੇ ਪਹੁੰਚਣ ਲਈ ‘ਸਮਝ ਅਤੇ ਅੰਦਾਜ਼ੇ’ ਉਤੇ ਆਪਣਾ ਤਰਕ ਦਿੱਤਾ ਹੈ | ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ, ਜੋ ਪਿਛਲੇ ਚਾਰ ਮਹੀਨਿਆਂ ਤੋਂ ਨਿਆਇਕ ਹਿਰਾਸਤ ‘ਚ ਸੀ |
