ਚੰਡੀਗੜ੍ਹ ‘ਚ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਹੋਏ ਧਮਾਕੇ ਤੋਂ ਬਾਅਦ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਧਮਾਕੇ ਮਾਮਲੇ ਤੋਂ ਬਾਅਦ ਅਣਪਛਾਤੇ ਤੱਤਾਂ ਵਲੋਂ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ ਦਿੱਤੀ ਗਈ ਹੈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਲੋਂ ਪੂਰੇ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਯੂ.ਟੀ. ਪੁਲਿਸ ਵਲੋਂ ਸੰਵੇਦਨਸ਼ੀਲ ਇਲਾਕਿਆਂ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਮਹੱਤਵਪੂਰਨ ਸਰਕਾਰੀ ਇਮਾਰਤਾਂ, ਭੀੜ-ਭਾੜ ਵਾਲੇ ਸਥਾਨਾਂ ਅਤੇ ਸਿਆਸੀ ਪਾਰਟੀਆਂ ਦੇ ਦਫ਼ਤਰਾਂ ਦੇ ਆਲੇ-ਦੁਆਲੇ ਕੜੀ ਨਿਗਰਾਨੀ ਕੀਤੀ ਜਾ ਰਹੀ ਹੈ। ਸ਼ਹਿਰ ਵਿਚ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ।
ਪੁਲਿਸ ਦੇ ਉੱਚ ਅਧਿਕਾਰੀਆਂ ਅਨੁਸਾਰ, ਧਮਕੀ ਦੇ ਮੱਦੇਨਜ਼ਰ ਖੁਫੀਆ ਏਜੰਸੀਆਂ ਨੂੰ ਵੀ ਸੁਚੇਤ ਕਰ ਦਿੱਤਾ ਗਿਆ ਹੈ ਅਤੇ ਸ਼ੱਕੀ ਗਤੀਵਿਧੀਆਂ ‘ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਚੀਜ਼ ਜਾਂ ਵਿਅਕਤੀ ਦੀ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਹੈ।
ਇਸ ਦੇ ਨਾਲ ਹੀ ਧਮਾਕੇ ਦੀ ਘਟਨਾ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਪਹਿਚਾਣ ਲਈ ਟੀਮਾਂ ਵਲੋਂ ਵੱਖ-ਵੱਖ ਕੋਣਾਂ ਤੋਂ ਤਫਤੀਸ਼ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮਾਮਲੇ ਵਿਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
