ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਅੱਖਾਂ ਦੇ ਹਸਪਤਾਲ ਨੇੜੇ ਦਿਨ-ਦਿਹਾੜੇ ਹੋਏ ਇੱਕ ਭਿਆਨਕ ਹਮਲੇ ਵਿੱਚ ਇੱਕ ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਮੁੱਲਾਂਪੁਰ ਦੇ ਚਰਨਪ੍ਰੀਤ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹਮਲਾਵਰਾਂ ਨੇ ਲਗਪਗ ਸੱਤ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਤੋਂ ਤੁਰੰਤ ਬਾਅਦ ਪੁਲੀਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਫੋਰੈਂਸਿਕ ਟੀਮ ਨੇ ਸਬੂਤ ਇਕੱਠੇ ਕੀਤੇ ਹਨ, ਜਦੋਂ ਕਿ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੀਆਂ ਇਮਾਰਤਾਂ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਪੁਲੀਸ ਨੂੰ ਸ਼ੱਕ ਹੈ ਕਿ ਇਹ ਨਿੱਜੀ ਜਾਂ ਕਾਰੋਬਾਰੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ। ਫਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।