ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਭਰਿਆ। ਇਸ ਮੌਕੇ ਇਕੋ ਮੰਚ ‘ਤੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨਜ਼ਰ ਆਈ। ਜਿਸ ਵਿਚ ਕਾਂਗਰਸ ਦੇ ਵੱਡੇ ਲੀਡਰ ਚਰਨਜੀਤ ਸਿੰਘ ਚੰਨੀ, ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਸਣੇ ਕਈ ਕਾਂਗਰਸ ਦੇ ਲੀਡਰ ਮੌਜੂਦ ਸਨ। ਕਾਂਗਰਸ ਦੀ ਲੀਡਰਸ਼ਿਪ ਅੱਜ ਸਵੇਰੇ ਜਲੰਧਰ ਵਿਖੇ ਕਾਂਗਰਸ ਭਵਨ ਪਹੁੰਚੀ ਅਤੇ ਇਥੋਂ ਉਮੀਦਵਾਰ ਕਰਮਜੀਤ ਕੌਰ ਦੇ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਵੱਲ ਬੱਸ ਵਿਚ ਰਵਾਨਾ ਹੋਈ, ਜਿੱਥੇ ਕਰਮਜੀਤ ਵੱਲੋਂ ਨਾਮਜ਼ਦਗੀ ਪੱਤਰ ਭਰਿਆ ਗਿਆ।

ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਹ ਪ੍ਰਕਿਰਿਆ 20 ਅਪ੍ਰੈਲ ਤੱਕ ਜਾਰੀ ਰਹੇਗੀ। ਇਸ ਦੇ ਬਾਅਦ ਜੇਕਰ ਕਿਸੇ ਉਮੀਦਵਾਰ ਨੇ ਚੋਣ ਲੜਨ ਦਾ ਵਿਚਾਰ ਤਿਆਗ ਦਿੱਤਾ ਹੋਵੇਗਾ, ਉਹ 24 ਅਪ੍ਰੈਲ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦਿਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਖਾਲ੍ਹੀ ਹੋਈ ਜਲੰਧਰ ਲੋਕ ਸਭਾ ਸੀਟ ’ਤੇ ਹੁਣ 10 ਮਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ।
