ਭਗੌੜਾ ਐਲਾਨ ਕੀਤੇ ਗਏ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਸਬੂਤ ਮੰਗਿਆ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਨਹੀਂ ਹੈ ਪਰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਬੇਹੱਦ ਨਜ਼ਦੀਕ ਹੈ।
ਇਸ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਕਿਹਾ ਕਿ ਉਹ ਸਬੂਤ ਦੇਣ ਕਿ ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿੱਚ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਅਖ਼ਬਾਰਾਂ ਵਿੱਚ ਖ਼ਬਰਾਂ ਆਈਆਂ ਸਨ। ਸੀਸੀਟੀਵੀ ਫੁਟੇਜ਼ ਵੀ ਆਈ ਹੈ। ਇਸ ਮਗਰੋਂ ਹਾਈਕੋਰਟ ਨੇ ਕਿਹਾ ਕਿ ਖ਼ਬਰਾਂ ਦਾ ਮਤਲਬ ਸਬੂਤ ਨਹੀਂ ਹੁੰਦਾ। ਜੇਕਰ ਤੁਹਾਡੇ ਕੋਲ ਫੁਟੇਜ਼ ਹੈ ਤਾਂ ਲਿਆਓ। ਇਸ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਇਸ ਮਾਮਲੇ ‘ਚ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਵੱਲੋਂ ਦਿੱਤੇ ਜਵਾਬ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਯਾਨੀ 29 ਮਾਰਚ ਨੂੰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਐਨ.ਐਸ.ਏ. ਲਗਾ ਕੇ ਡਿਬਰੁਗੜ੍ਹ ਭੇਜੇ ਗਏ ਗੁਰੀ ਔਜਲਾ ਨੂੰ ਪਰਿਵਾਰ ਅਤੇ ਵਕੀਲ ਨੂੰ ਮਿਲਣ ਲਈ ਪਾਈ ਗਈ ਪਟੀਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ 10 ਅਪ੍ਰੈਲ ਜਵਾਬ ਤਲਬ ਕਰਨ ਦੇ ਲਈ ਲਈ ਨੋਟਿਸ ਜਾਰੀ ਕੀਤਾ ਗਿਆ ਹੈ।
