ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਜਲੰਧਰ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਭਾਜਪਾ ਦੇ ਚੋਣ ਦਫ਼ਤਰ ਵਿਚ ਇਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕੀਤੀ। ਜਿਸ ਵਿਚ ਉਹਨਾਂ ਨੇ ਸਾਫ ਤੌਰ ‘ਤੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿਚ ਬੀਜੇਪੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਦੁਬਾਰਾ ਗਠਜੋੜ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੌਰਾਨ ਪੰਜਾਬ ਦੀਆਂ 117 ਸੀਟਾਂ ਵਿਚੋਂ ਭਾਜਪਾ ਸਿਰਫ਼ 23 ’ਤੇ ਚੋਣ ਲੜ ਕੇ ਜੂਨੀਅਰ ਪਾਰਟਨਰ ਵਜੋਂ ਕੰਮ ਕਰਦੀ ਰਹੀ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ। ਨਾਲ ਹੀ ਉਹਨਾਂ ਇਹ ਵੀ ਖੁਲਾਸਾ ਕੀਤਾ ਕਿ ਗਠਜੋੜ ਦੌਰਾਨ ਲਏ ਫ਼ੈਸਲੇ ਭਾਜਪਾ ਦੇ ਨਹੀਂ ਹੁੰਦੇ ਸਨ। ਹੁਣ ਭਾਜਪਾ ਸਭ ਦਾ ਸਾਥ, ਸਭ ਦਾ ਵਿਕਾਸ ਅਤੇ ਸਭ ਦਾ ਵਿਸ਼ਵਾਸ ਲੈ ਕੇ ਕੰਮ ਕਰ ਰਹੀ ਹੈ ਅਤੇ ਭਾਜਪਾ ਦਾ ਆਪਣਾ ਵਰਕਿੰਗ ਸਟਾਈਲ ਹੈ।
ਹਰਦੀਪ ਪੁਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਵੀ ਭਾਜਪਾ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ। ਮੇਰਾ ਮੰਨਣਾ ਹੈ ਕਿ ਇਹ ਜਿੱਤਣ ਵਾਲੀ ਲੜਾਈ ਹੈ। ਇਸ ਜ਼ਿਮਨੀ ਚੋਣ ਵਿਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਭਾਜਪਾ ਨੂੰ ਕਾਫੀ ਲਾਭ ਹੋਵੇਗਾ।
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ ਵਿਚ ਪਿਛਲੇ ਇਕ ਸਾਲ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਆਉਣ ਵਾਲੇ ਸਮੇਂ ਵਿਚ ਪੈਟਰੋਲਿੰਗ ਪਦਾਰਥਾਂ ਦੀਆਂ ਕੀਮਤਾਂ ਘਟਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਨੇ ਪੈਟਰੋਲ-ਡੀਜ਼ਲ ’ਤੇ ਵੈਟ ਘੱਟ ਕੀਤਾ ਹੈ, ਜਿਸ ਕਾਰਨ ਉਥੇ ਦੂਜੇ ਸੂਬਿਆਂ ਦੇ ਮੁਕਾਬਲੇ ਕੀਮਤਾਂ ਕਾਫ਼ੀ ਘੱਟ ਹਨ।
ਕੇਂਦਰੀ ਮੰਤਰੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਵਿਚ ਸਾਰੀਆਂ ਸਿਆਸੀ ਪਾਰਟੀਆਂ ਖਿਲਾਫ ਗੁੱਸਾ ਸੀ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਕਿਉਂਕਿ ਇਸ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਲਾਲਚ ਦਿੱਤਾ ਸੀ ਅਤੇ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਵਰਗੇ ਵਾਅਦੇ ਕੀਤੇ ਸਨ। ਉਨ੍ਹਾਂ ਆਪਣਾ ਸਾਫ਼-ਸੁਥਰਾ ਅਕਸ ਪੇਸ਼ ਕਰਨ ਦੀ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਦੀ ਜਨਤਾ ਹੁਣ ਉਨ੍ਹਾਂ ਦੀ ਕਾਰਗੁਜ਼ਾਰੀ ਵੇਖ ਕੇ 13 ਮਹੀਨਿਆਂ ਵਿਚ ਸਭ ਕੁਝ ਸਮਝ ਚੁੱਕੀ ਹੈ।
ਦਸ ਦਈਏ ਕਿ ਜਲੰਧਰ ਲੋਕ ਸਭਾ ਸੀਟ ‘ਤੇ ਜੋ 10 ਮਈ ਨੂੰ ਚੋਣ ਹੋਣੀ ਹੈ ਉਸ ਲਈ ਹਰ ਪਾਰਟੀ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ। ਇਸੇ ਵਿਚਕਾਰ ਭਾਜਪਾ ਵਲੋਂ ਵੀ ਜਲੰਧਰ ਦੀ ਲੋਕ ਸਭਾ ਸੀਟ ਆਪਣੇ ਹੱਥ ਵਿਚ ਕਰਨ ਲਈ ਹਰ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤਹਿਤ ਪਾਰਟੀ ਦੇ ਵੱਡੇ ਮੰਤਰੀਆਂ ਵਲੋਂ ਇਸ ਹਲਕੇ ਵਿਚ ਆਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

