ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਚੰਡੀਗੜ੍ਹ ’ਚ ਭਾਜਪਾ ਦਫ਼ਤਰ ’ਤੇ ਹੋਏ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ ਹੋਣ ਕਾਰਨ ਚੰਡੀਗੜ੍ਹ ਦਾ ਪ੍ਰਬੰਧ ਕੇਂਦਰ ਸਰਕਾਰ ਦੀ ਅਗਵਾਈ ਹੇਠ ਪ੍ਰਸ਼ਾਸਕ ਵਜੋਂ ਚਲਾਇਆ ਜਾਂਦਾ ਹੈ। ਉਨ੍ਹਾਂ ਕਿਹਾ, ‘‘ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਕਿਸਾਨ ਅੰਦੋਲਨ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀ ਅੰਦੋਲਨ ਜਾਂ ਹੋਰ ਕੋਈ ਮੁੱਦਾ ਹੋਵੇ, ਸਾਰਾ ਦੋਸ਼ ਮੇਰੇ ’ਤੇ ਥੋਪਣ ਲਈ ਤਿਆਰ ਰਹਿੰਦੀ ਹੈ। ਚੰਡੀਗੜ੍ਹ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ।’’ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕ ਅਰਪਣ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦਫ਼ਤਰ ’ਤੇ ਹੋਏ ਹਮਲੇ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਚੰਡੀਗੜ੍ਹ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।
ਕਾਂਗਰਸ ਦੀ ਅਗਵਾਈ ਹੇਠਲੀ ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਲਗਾਉਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਟੌਲ ਖ਼ਤਮ ਕਰ ਕੇ ਲੋਕਾਂ ਨੂੰ ਰਾਹਤ ਦੇ ਰਹੀ ਹੈ ਤਾਂ ਦੂਜੇ ਪਾਸੇ ਇਹ ਲੋਕ ਆਮ ਜਨਤਾ ’ਤੇ ਬੇਲੋੜਾ ਟੈਕਸ ਲਾ ਰਹੇ ਹਨ। ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ, ਜਿਸ ਦਾ ਹਰੇਕ ਪੱਧਰ ’ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਕੇਂਦਰ ਸਰਕਾਰ ਕੋਲ ਚੁਕਣਗੇ ਕਿਉਂਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੁਚਾਰੂ ਅਤੇ ਮੁਸ਼ਕਲ ਰਹਿਤ ਖ਼ਰੀਦ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ। ਇਸ ਮੌਕੇ ਕੈਬਨਿਟ ਮੰਤਰੀ ਤੇ ਸਥਾਨਕ ਵਿਧਾਇਕ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।
