ਰਾਜਨੀਤੀ ‘ਚ ਲੰਬੇ ਸਮੇਂ ਤੋਂ ਅਹਿਮ ਰੋਲ ਅਦਾ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੇ ਦੇਹਾਂਤ ‘ਤੇ ਵੱਖ-ਵੱਖ ਦਿਗੱਜ ਲੀਡਰਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਕੀਤਾ ਜਾ ਰਿਹਾ ਹੈ। ਇਸਦੇ ਦਰਮਿਆਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਸਾਬਕਾ ਮੁੱਖ ਮੰਤਰੀ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ, ਮੈਂ ਤੁਹਾਡੇ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਇੱਕ ਦਿਗੱਜ ਸਿਆਸੀ ਆਗੂ ਸਨ ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਈ।

ਆਪਣੇ ਲੰਬੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਜੀਵਨ ਵਿੱਚ, ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ, ਉਨ੍ਹਾਂ ਨੇ ਕਿਸਾਨਾਂ ਅਤੇ ਸਾਡੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਯੋਗਦਾਨ ਪਾਇਆ। ਬਾਦਲ ਸਾਹਬ ਨਾਲ ਕਈ ਮੁੱਦਿਆਂ ‘ਤੇ ਹੋਈ ਗੱਲਬਾਤ ਦੀਆਂ ਮੇਰੀਆਂ ਯਾਦਾਂ ਹਨ। ਮੈਂ ਅਤੇ ਮੇਰੀ ਪਤਨੀ ਇਸ ਦੁਖਦ ਮੌਕੇ ‘ਤੇ ਤੁਹਾਡੇ ਅਤੇ ਤੁਹਾਡੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਿਆਸਤ ਦੇ ਇੱਕ ਹੋਰ ਯੋਧੇ ਦਾ ਅੰਤ ਹੋ ਗਿਆ ਹੈ। ਇਨ੍ਹਾਂ ਦਾ ਜਾਣਾ ਪੰਜਾਬ ਤੇ ਪੰਜਾਬੀਅਤ ਲਈ ਵੱਡਾ ਘਾਟਾ ਹੈ। ਅਜਿਹੇ ਸਿਆਸਤਦਾਨਾਂ ਦੀ ਪੂਰੇ ਭਾਰਤ ਅੰਦਰ ਕਮੀ ਰੜਕੇਗੀ ਜੋ ਜ਼ਮੀਨ ਨਾਲ ਜੁੜੇ ਹੋਣ ਲੋਕ ਮੁੱਦਿਆਂ ਦੀ ਗੱਲ ਕਰਦੇ ਹੋਣ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਦੱਸ ਦਈਏ ਕਿ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ 95 ਵਰ੍ਹਿਆਂ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ਼ ਗਏ ਹਨ। ਵਿਗੜੀ ਸਿਹਤ ਕਰਕੇ ਉਨ੍ਹਾਂ ਨੂੰ ਪਹਿਲਾਂ ਪੀਜੀਆਈ ਅਤੇ ਫਿਰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਇਸ ਵਾਰ ਉਹ ਵਾਪਿਸ ਨਹੀਂ ਪਰਤ ਸਕੇ। ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਪਰ ਬੀਤੇ ਦਿਨ ਮੰਗਲਵਾਰ ਰਾਤ ਉਹ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ।
