ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਦੇ ਪੁੱਤਰ ਅਤੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਆਰੀਅਨ ਚੌਹਾਨ ’ਤੇ ਸ਼ਿਮਲਾ ਨਜ਼ਦੀਕ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸ਼ੁੱਕਰਵਾਰ ਨੂੰ ਮਸ਼ੋਬਰਾ ਨੇੜੇ ਵਾਪਰੀ ਜਦੋਂ ਆਰੀਅਨ ਚੌਹਾਨ ਆਪਣੀ ਕਾਰ ਰਾਹੀਂ ਸ਼ਿਮਲਾ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇੱਕ ਕਾਰ ਵਿੱਚ ਸਵਾਰ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਰੋਕਿਆ ਅਤੇ ਹਥਿਆਰਾਂ ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਹਮਲਾਵਰਾਂ ਨੂੰ ਆਪਣੇ ਵੱਲ ਵਧਦੇ ਦੇਖ ਆਰੀਅਨ ਚੌਹਾਨ ਨੇ ਆਪਣੀ ਜਾਨ ਬਚਾਉਣ ਲਈ ਤੁਰੰਤ ਕਾਰ ਵਿੱਚੋਂ ਬਾਹਰ ਨਿਕਲ ਕੇ ਨੇੜਲੀ ਡੂੰਘੀ ਖਾਈ ਵਿੱਚ ਛਾਲ ਮਾਰ ਦਿੱਤੀ। ਇਸ ਦੌਰਾਨ ਉਨ੍ਹਾਂ ਨੂੰ ਕੁਝ ਸੱਟਾਂ ਵੀ ਲੱਗੀਆਂ ਹਨ। ਘਟਨਾ ਤੋਂ ਤੁਰੰਤ ਬਾਅਦ ਉਸ ਨੇ ਪੁਲੀਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸ਼ਿਮਲਾ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮੁੱਖ ਮੰਤਰੀ ਦੇ ਕਰੀਬੀ ਦੇ ਪਰਿਵਾਰ ’ਤੇ ਹੋਏ ਇਸ ਹਮਲੇ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਯੂਥ ਕਾਂਗਰਸ ਦੇ ਆਗੂਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ।
